
ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ, ਨਿਰਦੇਸ਼ਕ-ਕੋਰੀਓਗ੍ਰਾਫਰ ਫਰਾਹ ਖਾਨ, ਕਾਮੇਡੀਅਨ ਭਾਰਤੀ ਸਿੰਘ ਅਤੇ ਹੋਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਨੂੰ ਉਨ੍ਹਾਂ ਵਿਰੁੱਧ ਕੋਈ ਵੀ ਜ਼ਬਰਦਸਤੀ ਕਾਰਵਾਈ ਕਰਨ ਤੋਂ ਰੋਕ ਦਿੱਤਾ। ਇਨ੍ਹਾਂ ਐਕਟਰਾਂ ਵਿਰੁੱਧ 30 ਦਸੰਬਰ 2019 ਨੂੰ ਸਿਵਲ ਲਾਈਨ ਪੁਲਿਸ ਸਟੇਸ਼ਨ ਬਟਾਲਾ, ਪੰਜਾਬ ਵਿਖੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਹਾਈ ਕੋਰਟ ਦੇ ਜਸਟਿਸ ਕਰਮਜੀਤ ਸਿੰਘ ਨੇ ਇਹ ਹੁਕਮ ਰਵੀਨਾ ਟੰਡਨ ਤੇ ਹੋਰਾਂ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਤੇ। ਕੇਸ ਦੀ ਸੁਣਵਾਈ ਦੌਰਾਨ ਪਟੀਸ਼ਨਰਾਂ ਦੇ ਵਕੀਲ ਅਭਿਨਵ ਸੂਦ ਨੇ ਦਲੀਲ ਦਿੱਤੀ ਕਿ ਐਫਆਈਆਰ ਦਾ ਕੋਈ ਠੋਸ ਆਧਾਰ ਨਹੀਂ ਹੈ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਅਸਪੱਸ਼ਟ ਹਨ ਅਤੇ ਇਹ ਮਾਮਲਾ ਮਹਿਜ਼ ਪ੍ਰਸਿੱਧੀ ਹਾਸਲ ਕਰਨ ਲਈ ਦਰਜ ਕੀਤਾ ਗਿਆ ਹੈ।
ਐਫਆਈਆਰ ਨੂੰ ਰੱਦ ਕਰਨ ਦੇ ਨਿਰਦੇਸ਼ ਦੀ ਮੰਗ ਕਰਦੇ ਹੋਏ ਪਟੀਸ਼ਨਰਸ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਪਟੀਸ਼ਨਕਰਤਾ ਦੇ ਬਿਆਨਾਂ ਨੂੰ ਅਪਮਾਨਜਨਕ ਜਾਂ ਈਸਾਈ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਨਹੀਂ ਮੰਨਿਆ ਜਾ ਸਕਦਾ ਹੈ। ਪਟੀਸ਼ਨਕਰਤਾ ਪੱਖ ਨੇ ਆਪਣੇ ਸਮਰਥਨ ਵਿੱਚ ਸੁਪਰੀਮ ਕੋਰਟ ਦੇ ਵੱਖ-ਵੱਖ ਫੈਸਲਿਆਂ ਦਾ ਹਵਾਲਾ ਦਿੱਤਾ।

ਹਾਈਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਇਸ ਮਾਮਲੇ 'ਚ ਪੰਜਾਬ ਸਰਕਾਰ ਅਤੇ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕਰਕੇ 5 ਦਸੰਬਰ ਤੱਕ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਦੋਂ ਤੱਕ ਪਟੀਸ਼ਨਕਰਤਾਵਾਂ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕੀਤੀ ਜਾਵੇਗੀ।
ਹੋਰ ਪੜ੍ਹੋ : ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ, ਗੁਰੂ ਘਰ ਨਤਮਸਤਕ ਹੋ ਰਹੀਆਂ ਨੇ ਸੰਗਤਾਂ
ਰਵੀਨਾ ਟੰਡਨ ਅਤੇ ਹੋਰ ਅਦਾਕਾਰਾਂ ਖਿਲਾਫ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਚਾਰ ਕੇਸ ਦਰਜ ਕੀਤੇ ਗਏ ਹਨ। ਅਦਾਲਤ ਨੇ ਪਹਿਲਾਂ ਹੀ ਰਾਜ ਸਰਕਾਰ ਨੂੰ ਤਿੰਨ ਮਾਮਲਿਆਂ ਵਿੱਚ ਉਨ੍ਹਾਂ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਇਨ੍ਹਾਂ ਹੁਕਮਾਂ ਨਾਲ ਹੁਣ ਇਨ੍ਹਾਂ ਚਾਰਾਂ ਮਾਮਲਿਆਂ ਵਿੱਚ ਕੋਈ ਕਾਰਵਾਈ ਨਹੀਂ ਹੋਵੇਗੀ।