Happy Baisakhi 2024 : ਦੇਸ਼ ਭਰ 'ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਵਿਸਾਖੀ ਦਾ ਤਿਉਹਾਰ
Happy Baisakhi 2024 : ਅੱਜ ਦਾ ਦਿਨ ਸਿੱਖ ਇਤਿਹਾਸ 'ਚ ਬੇਹੱਦ ਅਹਿਮ ਹੈ , ਅੱਜ ਦੇ ਦਿਨ ਸਾਹਿਬੇ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਨੂੰ ਵੈਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਕੀਤੀ।
ਖਾਲਸਾ ਪੰਥ ਦਾ ਸਾਜਨਾ ਦਿਵਸ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਦਰਸ਼ ਮਨੁੱਖਤਾ ਨੂੰ ਧਾਰਮਿਕ, ਸਮਾਜਿਕ ਤੇ ਰਾਜਨੀਤਕ ਬੰਧਨਾਂ ਤੋਂ ਮੁਕਤ ਕਰਵਾ ਕੇ ਆਜ਼ਾਦ ਕੌਮ ਦੇ ਰੂਪ ਵਿਚ ਪੇਸ਼ ਕੀਤਾ ਸੀ। ਗੁਰੂ ਸਾਹਿਬਾਨ ਜੀ ਨੇ ਇਸੇ ਦਿਸ਼ਾ ਵਿਚ ਕਾਰਜ ਕੀਤਾ ਅਤੇ ਮਿਥੇ ਟੀਚੇ ਦੀ ਪ੍ਰਾਪਤੀ ਲਈ ਯਤਨ ਕੀਤੇ।
ਵਿਸਾਖੀ ਦਾ ਤਿਓਹਾਰ ਪੰਜਾਬ ਲਈ ਸਿਰਫ ਧਾਰਮਿਕ ਅਹਿਮੀਅਤ ਹੀ ਨਹੀਂ ਰੱਖਦਾ ਸਗੋਂ ਇਸ ਦੀ ਆਰਥਿਕ ਤੌਰ ‘ਤੇ ਵੀ ਕਾਫੀ ਅਹਿਮੀਅਤ ਹੈ। ਇਸ ਦਿਨ ਹੀ ਪੰਜਾਬ ਵਿਚ ਰਸਮੀ ਤੌਰ ‘ਤੇ ਕਣਕ ਦੀ ਵਾਢੀ ਸ਼ੁਰੂ ਹੁੰਦੀ ਹੈ। ਖੇਤਾਂ ਵਿੱਚ ਸੋਨੇ ਰੰਗੀਆਂ, ਲਹਿਰਾਉਂਦੀਆਂ, ਪੱਕੀਆਂ ਕਣਕਾਂ ਦੇਖ ਕੇ ਕਿਸਾਨ ਆਪਣੀ ਮਿਹਨਤ ਦੇ ਮੁੱਲ ਨੂੰ ਪੈਂਦਾ ਦੇਖਦੇ ਹਨ।
ਵਿਸਾਖੀ ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ।ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ।
ਵਿਸਾਖੀ ਦਾ ਤਿਉਹਾਰ ਕੇਵਲ ਪੰਜਾਬ ‘ਚ ਹੀ ਨਹੀਂ ਸਗੋਂ ਦੇਸ਼ਾਂ ਵਿਦੇਸ਼ਾਂ ‘ਚ ਵੱਡੇ ਪੱਧਰ ‘ਤੇ ਮਨਾਇਆ ਜਾਂਦਾ ਹੈ।ਇਸ ਦਿਨ ਪੰਜਾਬ ਦੇ ਵੱਖ-ਵੱਖ ਇਲਾਕਿਆ ‘ਚ ਮੇਲੇ ਲੱਗਦੇ ਹਨ ਅਤੇ ਅਤੇ ਲੋਕ ਖੁਸ਼ੀ-ਖੁਸ਼ੀ ਆਪਣੇ ਪਰਿਵਾਰ ਸਮੇਤ ਇਹਨਾਂ ਮੇਲਿਆਂ ਦਾ ਅਨੰਦ ਮਾਣਦੇ ਹਨ।ਇਸ ਦਿਨ ਪੰਜਾਬ ਦਾ ਪਰੰਪਰਾਗਤ ਨਾਚ ਭੰਗੜਾ ਅਤੇ ਗਿੱਧਾ ਕੀਤਾ ਜਾਂਦਾ ਹੈ।
ਵਿਸਾਖੀ ਦੀ ਧਾਰਮਿਕ ਮਹੱਤਤਾ
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਦਿਨ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਵਿੱਚ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਾਤਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ।
ਹੋਰ ਪੜ੍ਹੋ: Khalsa Sajna Diwas 2024: ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਜਾਣੋ ਇਸ ਦਾ ਇਤਿਹਾਸ ਤੇ ਮਹੱਤਤਾ, ਕਿੰਝ ਦਸਮ ਪਿਤਾ ਨੇ ਸਿਰਜਿਆ ਖਾਲਸਾ ਪੰਥ
ਖੁਸ਼ੀਆਂ ਵਾਲੀ ਵਿਸਾਖੀ
ਇਸ ਦਿਨ ਲੋਕ ਗੁਰੂ ਘਰਾਂ ‘ਚ ਮੱਥਾ ਟੇਕਦੇ ਹਨ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ ‘ਚ ਧਾਰਮਿਕ ਸਮਾਗਮ ਅਤੇ ਨਗਰ ਕੀਰਤਨ ਵੀ ਸਜਾਏ ਜਾਂਦੇ ਹਨ। ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਸ਼ਿਰਕਤ ਕਰਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਦਿਨ ਦਸਤਾਰ ਦਿਵਸ ਵੀ ਮਨਾਇਆ ਜਾਂਦਾ ਹੈ।
- PTC PUNJABI